ਦਾ ਐਡੀਟਰ ਨਿਊਜ਼, ਨਵੀਂ ਦਿੱਲੀ ——— ਭਾਰਤ ਸਰਕਾਰ ਨੇ ਇੱਕ ਵਾਰ ਫਿਰ ਕੈਨੇਡੀਅਨਾਂ ਲਈ ਵੀਜ਼ਾ ਸੇਵਾ ਸ਼ੁਰੂ ਕਰ ਦਿੱਤੀ ਹੈ। ਓਟਵਾ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਬੁੱਧਵਾਰ ਨੂੰ ਕਿਹਾ ਕਿ ਭਾਰਤ 26 ਅਕਤੂਬਰ ਤੋਂ ਕੈਨੇਡਾ ਵਿੱਚ ਵੀਜ਼ਾ ਸੇਵਾਵਾਂ ਅੰਸ਼ਕ ਤੌਰ ‘ਤੇ ਮੁੜ ਸ਼ੁਰੂ ਕਰੇਗਾ। ਉਨ੍ਹਾਂ ਦੱਸਿਆ ਕਿ ਇਸ ਸਮੇਂ ਸਿਰਫ਼ ਚਾਰ ਸ਼੍ਰੇਣੀਆਂ ਵਿੱਚ ਹੀ ਵੀਜ਼ਾ ਅਪਲਾਈ ਕੀਤਾ ਜਾ ਸਕਦਾ ਹੈ, ਉਹ ਹਨ ਐਂਟਰੀ, ਬਿਜ਼ਨਸ, ਮੈਡੀਕਲ ਅਤੇ ਕਾਨਫਰੰਸ।
ਤੁਹਾਨੂੰ ਦਾਸ ਦਈਏ ਕਿ ਦਰਅਸਲ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ ਵਧੇ ਤਣਾਅ ਤੋਂ ਬਾਅਦ ਭਾਰਤ ਨੇ 21 ਸਤੰਬਰ ਨੂੰ ਵੀਜ਼ਾ ਸੇਵਾ ਮੁਅੱਤਲ ਕਰ ਦਿੱਤੀ ਸੀ। ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ 21 ਸਤੰਬਰ ਨੂੰ ਕਿਹਾ ਸੀ ਕਿ ਕੈਨੇਡਾ ਵਿੱਚ ਸਾਡੀ ਡਿਪਲੋਮੈਟਿਕ ਯੂਨਿਟ ਨੂੰ ਧਮਕੀਆਂ ਮਿਲ ਰਹੀਆਂ ਹਨ। ਉਹ ਆਪਣਾ ਕੰਮ ਕਰਨ ਦੇ ਯੋਗ ਨਹੀਂ ਹਨ। ਇਹੀ ਕਾਰਨ ਹੈ ਕਿ ਵੀਜ਼ਾ ਸੇਵਾਵਾਂ ਮੁਅੱਤਲ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਸੀ ਕਿ ਕੈਨੇਡਾ ਅੱਤਵਾਦੀਆਂ ਨੂੰ ਰਹਿਣ ਅਤੇ ਉਨ੍ਹਾਂ ਦੀਆਂ ਯੋਜਨਾਵਾਂ ਨੂੰ ਅੰਜਾਮ ਦੇਣ ਲਈ ਜਗ੍ਹਾ ਦੇ ਰਿਹਾ ਹੈ।
ਇਸ ਤੋਂ ਪਹਿਲਾਂ 20 ਸਤੰਬਰ ਨੂੰ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਕੈਨੇਡਾ ‘ਚ ਰਹਿ ਰਹੇ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਸੀ। ਜਿਸ ‘ਚ ਕਿਹਾ ਗਿਆ ਸੀ- ਕੈਨੇਡਾ ‘ਚ ਚੱਲ ਰਹੀਆਂ ਭਾਰਤ ਵਿਰੋਧੀ ਗਤੀਵਿਧੀਆਂ ਦੇ ਮੱਦੇਨਜ਼ਰ ਉੱਥੇ ਰਹਿਣ ਵਾਲੇ ਜਾਂ ਉੱਥੇ ਘੁੰਮਣ ਵਾਲੇ ਨਾਗਰਿਕਾਂ ਨੂੰ ਬਹੁਤ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ।
ਐਡਵਾਈਜ਼ਰੀ ‘ਚ ਕਿਹਾ ਗਿਆ ਸੀ- ਹਾਲ ਹੀ ਦੇ ਦਿਨਾਂ ‘ਚ ਇਹ ਦੇਖਿਆ ਗਿਆ ਹੈ ਕਿ ਕੈਨੇਡਾ ‘ਚ ਮੌਜੂਦ ਭਾਰਤੀ ਡਿਪਲੋਮੈਟਾਂ ਅਤੇ ਭਾਰਤੀ ਭਾਈਚਾਰੇ ਦੇ ਇਕ ਖਾਸ ਵਰਗ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਹ ਉਹ ਲੋਕ ਹਨ ਜੋ ਭਾਰਤ ਵਿਰੋਧੀ ਏਜੰਡੇ ਦਾ ਵਿਰੋਧ ਕਰਦੇ ਹਨ। ਕੈਨੇਡਾ ‘ਚ ਸੁਰੱਖਿਆ ਦੇ ਵਿਗੜਦੇ ਹਾਲਾਤ ਦੇ ਮੱਦੇਨਜ਼ਰ ਉਥੇ ਮੌਜੂਦ ਭਾਰਤੀ ਵਿਦਿਆਰਥੀਆਂ ਨੂੰ ਸਭ ਤੋਂ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਟੋਰਾਂਟੋ ਸਟਾਰ ਦੀ 19 ਸਤੰਬਰ ਦੀ ਰਿਪੋਰਟ ਅਨੁਸਾਰ ਕੈਨੇਡੀਅਨ ਪ੍ਰਧਾਨ ਮੰਤਰੀ ਦਾ ਰਵੱਈਆ ਕੁਝ ਨਰਮ ਨਜ਼ਰ ਆਇਆ। ਉਨ੍ਹਾਂ ਕਿਹਾ ਸੀ ਕਿ ਕੈਨੇਡਾ ਦੀ ਸਰਕਾਰ ਭਾਰਤ ਨਾਲ ਤਣਾਅ ਨਹੀਂ ਵਧਾਉਣਾ ਚਾਹੁੰਦੀ ਪਰ ਭਾਰਤ ਨੂੰ ਇਨ੍ਹਾਂ ਮੁੱਦਿਆਂ ਨੂੰ ਗੰਭੀਰਤਾ ਨਾਲ ਲੈਣਾ ਹੋਵੇਗਾ।
ਕੈਨੇਡੀਅਨ ਸਰਕਾਰੀ ਅਧਿਕਾਰੀ, ਜਿਸ ਨੇ ਆਪਣੀ ਪਛਾਣ ਨਹੀਂ ਦੱਸੀ, ਨੇ ਨਿਊਯਾਰਕ ਟਾਈਮਜ਼ ਨੂੰ ਦੱਸਿਆ ਕਿ ਨਿੱਝਰ ਸਿੰਘ ਦੇ ਕਤਲ ਬਾਰੇ ਜਾਣਕਾਰੀ ਕਈ ਦੇਸ਼ਾਂ ਦੀ ਮਦਦ ਨਾਲ ਇਕੱਠੀ ਕੀਤੀ ਗਈ ਸੀ। ਇਸ ਸਬੰਧੀ ਪੂਰੀ ਜਾਣਕਾਰੀ ਜਾਂਚ ਮੁਕੰਮਲ ਹੋਣ ਤੋਂ ਬਾਅਦ ਦਿੱਤੀ ਜਾਵੇਗੀ। ਤੁਹਾਨੂੰ ਦੱਸ ਦੇਈਏ ਕਿ ਕੈਨੇਡਾ ਫਾਈਵ ਆਈਜ਼ ਨਾਮਕ ਖੁਫੀਆ ਗਠਜੋੜ ਦਾ ਹਿੱਸਾ ਹੈ। ਕੈਨੇਡਾ ਤੋਂ ਇਲਾਵਾ ਇਸ ਵਿਚ ਅਮਰੀਕਾ, ਬ੍ਰਿਟੇਨ ਅਤੇ ਆਸਟ੍ਰੇਲੀਆ ਵੀ ਸ਼ਾਮਲ ਹਨ।