ਦਾ ਐਡੀਟਰ ਨਿਊਜ਼, ਨਵੀਂ ਦਿੱਲੀ ———– ਸੁਪਰੀਮ ਕੋਰਟ ਨੇ ਮਾਮਲੇ ’ਤੇ ਟਿੱਪਣੀ ਕਰਦੇ ਹੋਏ ਕਿਹਾ, “ਤੁਸੀਂ ਅੱਗ ਨਾਲ ਖੇਡ ਰਹੇ ਹੋ, ਤੁਸੀਂ ਕਿਵੇਂ ਕਹਿ ਸਕਦੇ ਹੋ ਕਿ ਜਿਹੜਾ ਬਿੱਲ ਪਾਸ ਹੋ ਚੁੱਕਾ ਹੈ ਉਸ ਨੂੰ ਮਨਜ਼ੂਰੀ ਨਹੀਂ ਦਿੱਤੀ ਜਾ ਸਕਦੀ, ਕਿਉਂਕਿ ਸੈਸ਼ਨ ਨੂੰ ਗੈਰ-ਕਾਨੂੰਨੀ ਹੈ, ਤੁਸੀਂ ਕਿਹੜੀ ਤਾਕਤ ਦੀ ਵਰਤੋਂ ਕਰਕੇ ਸੈਸ਼ਨ ਨੂੰ ਗੈਰ-ਕਾਨੂੰਨੀ ਕਿਹਾ ?”
ਇਹ ਲੋਕਤੰਤਰ ਹੈ। ਲੋਕ ਨੁਮਾਇੰਦਿਆਂ ਵੱਲੋਂ ਪਾਸ ਕੀਤੇ ਬਿੱਲ ਨੂੰ ਇਸ ਤਰ੍ਹਾਂ ਰੋਕਿਆ ਨਹੀਂ ਜਾ ਸਕਦਾ। ਤੁਸੀਂ ਇਹ ਨਹੀਂ ਕਹਿ ਸਕਦੇ ਕਿ ਵਿਧਾਨ ਸਭਾ ਦਾ ਸੈਸ਼ਨ ਹੀ ਗਲਤ ਸੀ।

ਪੰਜਾਬ ਵਿੱਚ ਰਾਜਪਾਲ ਵੱਲੋਂ ਸਰਕਾਰ ਵੱਲੋਂ ਬੁਲਾਏ ਗਏ ਵਿਧਾਨ ਸਭਾ ਸੈਸ਼ਨ ਨੂੰ ਗੈਰ-ਕਾਨੂੰਨੀ ਕਰਾਰ ਦੇਣ ਅਤੇ ਸਦਨ ਵਿੱਚ ਪਾਸ ਕੀਤੇ ਬਿੱਲਾਂ ਨੂੰ ਮਨਜ਼ੂਰੀ ਨਾ ਦੇਣ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਸੁਣਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਹੈ। ਦੁਪਹਿਰ 2 ਵਜੇ ਤੋਂ ਬਾਅਦ ਦੁਬਾਰਾ ਸੁਣਵਾਈ ਹੋਵੇਗੀ।
ਪਿਛਲੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਸਾਰੇ ਰਾਜਪਾਲਾਂ ਨੂੰ ਤਾੜਨਾ ਕੀਤੀ ਸੀ ਕਿ ਰਾਜ ਸਰਕਾਰਾਂ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਬਿੱਲਾਂ ਨੂੰ ਰਾਜਪਾਲ ਵੱਲੋਂ ਪਾਸ ਕਰਵਾਉਣ ਲਈ ਵਾਰ-ਵਾਰ ਸੁਪਰੀਮ ਕੋਰਟ ਤੱਕ ਪਹੁੰਚ ਨਾ ਕਰਨ। ਸੀਜੇਆਈ ਡੀਵਾਈ ਚੰਦਰਚੂੜ ਨੇ ਪਿਛਲੀ ਸੁਣਵਾਈ ਵਿੱਚ ਕਿਹਾ ਸੀ ਕਿ ਰਾਜਪਾਲਾਂ ਨੂੰ ਸਮਝਣਾ ਚਾਹੀਦਾ ਹੈ ਕਿ ਉਹ ਚੁਣੇ ਹੋਏ ਅਧਿਕਾਰੀ ਨਹੀਂ ਹਨ। ਰਾਜ ਸਰਕਾਰਾਂ ਦੇ ਅਦਾਲਤ ਵਿਚ ਜਾਣ ਤੋਂ ਬਾਅਦ ਹੀ ਰਾਜਪਾਲ ਬਿੱਲ ‘ਤੇ ਕਾਰਵਾਈ ਕਿਉਂ ਕਰਦੇ ਹਨ ? ਇਸ ਨੂੰ ਰੋਕਣਾ ਚਾਹੀਦਾ ਹੈ।
ਸੁਪਰੀਮ ਕੋਰਟ ‘ਚ ਦਾਇਰ ਪਟੀਸ਼ਨ ‘ਚ ਪੰਜਾਬ ਸਰਕਾਰ ਦੀ ਤਰਫੋਂ ਕਿਹਾ ਗਿਆ ਸੀ ਕਿ ਵਿਧਾਨ ਸਭਾ ‘ਚ ਪਾਸ ਕੀਤੇ ਗਏ ਬਿੱਲਾਂ ਨੂੰ ਰਾਜਪਾਲ ਮਨਜ਼ੂਰੀ ਨਹੀਂ ਦੇ ਰਹੇ ਹਨ। ਰਾਜ ਸਰਕਾਰ ਨੇ ਰਾਜਪਾਲ ਦੇ ਰਵੱਈਏ ਖ਼ਿਲਾਫ਼ 28 ਅਕਤੂਬਰ ਨੂੰ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।
ਭਾਵੇਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਪਣੇ ਸਟੈਂਡ ਤੋਂ ਯੂ-ਟਰਨ ਲੈ ਲਿਆ ਹੈ, ਫਿਰ ਵੀ ਸੁਪਰੀਮ ਕੋਰਟ ਨੇ ਪਿਛਲੀ ਸੁਣਵਾਈ ਦੌਰਾਨ ਪੰਜਾਬ ਦੇ ਰਾਜਪਾਲ ਨੂੰ ਝਿੜਕਿਆ ਸੀ।