ਦਾ ਐਡੀਟਰ ਨਿਊਜ਼, ਕਪੂਰਥਲਾ ——– ਕਪੂਰਥਲਾ ਦੇ ਮਸ਼ਹੂਰ ਢਿੱਲੋਂ ਬ੍ਰਦਰਜ਼ ਖੁਦਕੁਸ਼ੀ ਮਾਮਲੇ ‘ਚ ਭਗੌੜੇ ਇੰਸਪੈਕਟਰ ਨਵਦੀਪ ਸਿੰਘ ਦੀ ਜ਼ਮਾਨਤ ਪਟੀਸ਼ਨ ‘ਤੇ ਮੰਗਲਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਸੁਪਰੀਮ ਕੋਰਟ ਦੇ ਜਸਟਿਸ ਵਿਕਰਮ ਨਾਥ ਅਤੇ ਰਾਜੇਸ਼ ਬਿੰਦਲ ਦੀ ਬੈਂਚ ਨੇ ਮਾਮਲੇ ਦੀ ਅਗਲੀ ਸੁਣਵਾਈ 3 ਜਨਵਰੀ ਨੂੰ ਤੈਅ ਕੀਤੀ ਹੈ।
ਇਸ ਤੋਂ ਪਹਿਲਾਂ ਹਾਈਕੋਰਟ ਵਿੱਚ ਨਵਦੀਪ ਸਿੰਘ ਦੀ ਜ਼ਮਾਨਤ ਪਟੀਸ਼ਨ ਖਾਰਜ ਹੋ ਚੁੱਕੀ ਹੈ। ਜਿਸ ਤੋਂ ਬਾਅਦ ਇੰਸਪੈਕਟਰ ਨਵਦੀਪ ਸਿੰਘ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਨਵਦੀਪ ਸਿੰਘ ਕਰੀਬ 100 ਦਿਨਾਂ ਤੋਂ ਫਰਾਰ ਹੈ।

ਇਸ ਦੇ ਨਾਲ ਹੀ ਸੋਮਵਾਰ ਨੂੰ ਢਿੱਲੋਂ ਭਰਾਵਾਂ ਮਾਨਵਜੀਤ ਅਤੇ ਜਸ਼ਨਬੀਰ ਦੇ ਦੋਸਤ ਮਾਨਵਦੀਪ ਸਿੰਘ ਨੇ ਬਰਖਾਸਤ ਐੱਸਐੱਚਓ ਨਵਦੀਪ ਸਿੰਘ ਦੇ ਨਜ਼ਦੀਕੀਆਂ ‘ਤੇ ਸਮਝੌਤਾ ਕਰਨ ਲਈ ਦਬਾਅ ਪਾਉਣ ਦਾ ਦੋਸ਼ ਲਗਾਇਆ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਲਗਾਤਾਰ ਫੋਨ ਆ ਰਹੇ ਹਨ।
ਮਾਨਵਦੀਪ ਸਿੰਘ ਉੱਪਲ ਨੇ ਕਿਹਾ ਸੀ ਕਿ ਪੰਜਾਬ ਪੁਲਿਸ ਮਾਮਲੇ ਦੀ ਸਹੀ ਤਰੀਕੇ ਨਾਲ ਜਾਂਚ ਨਹੀਂ ਕਰ ਰਹੀ ਹੈ। ਇਸ ਲਈ ਮਾਮਲੇ ਦੀ ਜਾਂਚ ਪੰਜਾਬ ਪੁਲਿਸ ਤੋਂ ਇਲਾਵਾ ਕਿਸੇ ਹੋਰ ਏਜੰਸੀ ਤੋਂ ਕਰਵਾਈ ਜਾਵੇ। ਪੰਜਾਬ ਪੁਲਿਸ ਇਸ ਮਾਮਲੇ ਨੂੰ ਛਿੱਕੇ ਟੰਗਣ ਦੀ ਕੋਸ਼ਿਸ਼ ਕਰ ਰਹੀ ਹੈ। ਪੁਲਿਸ ਆਪਣੇ ਅਫਸਰਾਂ ਨੂੰ ਬਚਾਉਣ ਵਿੱਚ ਲੱਗੀ ਹੋਈ ਹੈ। ਜੇਕਰ ਪੁਲਿਸ ਮਾਮਲੇ ‘ਚ ਕੁਝ ਨਹੀਂ ਕਰਦੀ ਤਾਂ ਦੋਸ਼ੀ ਨੂੰ ਆਪਣੇ-ਆਪ ਜ਼ਮਾਨਤ ਮਿਲ ਜਾਵੇਗੀ। ਇਸ ਲਈ ਮਾਮਲੇ ਦੀ ਕਿਸੇ ਏਜੰਸੀ ਤੋਂ ਨਿਰਪੱਖ ਜਾਂਚ ਕਰਵਾਈ ਜਾਵੇ।
ਸਾਰਾ ਮਾਮਲਾ 16 ਅਗਸਤ ਦਾ ਹੈ। ਜਲੰਧਰ ਦੇ ਥਾਣਾ ਡਿਵੀਜ਼ਨ ਨੰਬਰ 1 ਵਿੱਚ ਕਿਸੇ ਪਰਿਵਾਰਕ ਝਗੜੇ ਨੂੰ ਲੈ ਕੇ ਦੋਵਾਂ ਧਿਰਾਂ ਵਿੱਚ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਮਾਨਵਜੀਤ ਅਤੇ ਜਸ਼ਨਬੀਰ ਇੱਕ ਲੜਕੀ ਪਰਮਿੰਦਰ ਕੌਰ ਦੀ ਤਰਫੋਂ ਥਾਣੇ ਗਏ ਸਨ। ਇਸ ਦੌਰਾਨ ਪੁਲੀਸ ਨੇ ਲੜਕੀ ਦੇ ਪਰਿਵਾਰ ਵਾਲਿਆਂ ਨੂੰ ਥਾਣੇ ਤੋਂ ਬਾਹਰ ਕੱਢ ਦਿੱਤਾ ਸੀ। ਕੁਝ ਦੇਰ ਬਾਅਦ ਪੁਲਿਸ ਅਧਿਕਾਰੀ ਭੇਜ ਕੇ ਮਾਨਵਜੀਤ ਨੂੰ ਅੰਦਰ ਬੁਲਾਇਆ ਗਿਆ। ਇਸ ਦੌਰਾਨ ਮਾਨਵਜੀਤ ਦੇ ਉੱਚੀ-ਉੱਚੀ ਚੀਕਣ ਦੀਆਂ ਆਵਾਜ਼ਾਂ ਸੁਣਾਈ ਦਿੱਤੀਆਂ।
ਜਦੋਂ ਪਰਿਵਾਰਕ ਮੈਂਬਰਾਂ ਦੋਸ਼ ਲਾਏ ਸਨ ਕਿ ਜਦੋਂ ਉਨ੍ਹਾਂ ਨੇ ਅੰਦਰ ਜਾ ਕੇ ਦੇਖਿਆ ਤਾਂ ਉਸ ਦੀ ਦਸਤਾਰ ਦੀ ਬੇਅਦਬੀ ਕੀਤੀ ਜਾ ਰਹੀ ਸੀ ਅਤੇ ਉਸ ਦੀ ਕੁੱਟਮਾਰ ਕੀਤੀ ਜਾ ਰਹੀ ਸੀ। ਪੁਲਿਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਮਾਨਵਜੀਤ ਨੇ ਮਹਿਲਾ ਕਾਂਸਟੇਬਲ ਜਗਜੀਤ ਕੌਰ ਨਾਲ ਦੁਰਵਿਵਹਾਰ ਕੀਤਾ ਸੀ। ਜਗਜੀਤ ਕੌਰ ਦੀ ਸ਼ਿਕਾਇਤ ‘ਤੇ ਅਧਿਕਾਰੀਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਮਾਨਵਜੀਤ ਖਿਲਾਫ ਹੰਗਾਮਾ ਕਰਨ ਦਾ ਮਾਮਲਾ ਦਰਜ ਕਰਕੇ ਉਸ ਨੂੰ ਜੇਲ ‘ਚ ਡੱਕ ਦਿੱਤਾ ਗਿਆ। ਉਸ ਤੋਂ ਬਾਅਦ ਦੋਵਾਂ ਭਰਾਵਾਂ ਨੇ ਬਿਆਸ ਦਰਿਆ ‘ਚ ਛਾਲ ਮਾਰ ਦਿੱਤੀ ਸੀ ਅਤੇ ਕਾਫੀ ਦਿਨਾਂ ਬਾਅਦ ਇੱਕ ਭਰਾ ਦੀ ਲਾਸ਼ ਮਿਲਣ ਤੋਂ ਬਾਅਦ ਬਰਖਾਸਤ ਐੱਸਐੱਚਓ ਨਵਦੀਪ ਸਿੰਘ ਅਤੇ ਹੋਰ ਪੁਲਿਸ ਮੁਲਾਜ਼ਮਾਂ ਖਿਲਾਫ ਕਤਲ ਦਾ ਕੇਸ ਦਰਜ ਕੀਤਾ ਗਿਆ ਸੀ।