ਜਲੰਧਰ ਪੁਲਿਸ ਨੇ ਮਾਸਕ ਨਾ ਪਾਉਣ ਵਾਲਿਆਂ ਨੂੰ ਠੋਕਿਆ 1.31 ਕਰੋੜ ਦਾ ਜੁਰਮਾਨਾ
ਜਲੰਧਰ-ਜ਼ਿਲਾ ਜਲੰਧਰ ਵਾਸੀਆਂ ਨੂੰ ਕੋਵਿਡ-19 ਤੋਂ ਸੁਰੱਖਿਆ ਲਈ ਮਾਸਕ ਪਾਉਣ ਦੀ ਅਪੀਲ ਕਰਦਿਆਂ ਪੁਲਿਸ ਕਮਸਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਲੋਕਾਂ ਨੂੰ ਕੋਵਿਡ ਤੋਂ ਬਚਾਅ ਲਈ ਸਿਹਤ ਪ੍ਰੋਟੋਕਾਲ ਦੀ ਪਾਲਣਾ ਸਬੰਧੀ ਜਿੰਮੇਵਾਰੀ ਦੀ ਭਾਵਨਾ ਦਾ ਪ੍ਰਗਟਾਵਾ ਕਰਨਾ ਚਾਹੀਦਾ ਹੈ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਜੋ ਨਿਯਮਾਂ ਦੀ ਉਲੰਘਣਾ ਕਰ ਰਹੇ ਹਨ ਉਨਾਂ ਖਿਲਾਫ਼ ਪਹਿਲਾਂ ਹੀ ਮੁਹਿੰਮ ਚਲਾਈ ਜਾ ਰਹੀ ਹੈ। ਉਨਾਂ ਕਿਹਾ ਕਿ ਪੁਲਿਸ ਕਮਿਸ਼ਨਰੇਟ ਜਲੰਧਰ ਵਲੋਂ ਮਾਸਕ ਨਾ ਪਾਉਣ ਵਾਲਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਹੁਣ ਤੱਕ 27707 ਲੋਕਾਂ ਨੂੰ 1.31 ਕਰੋੜ ਦਾ ਜੁਰਮਾਨਾ ਕੀਤਾ ਗਿਆ ਹੈ ਤੇ ਇਸ ਤੋਂ ਇਲਾਵਾ ਹੋਮ ਕੁਆਰੰਟੀਨ ਦੀ ਉਲੰਘਣਾ ਕਰਨ ਵਾਲੇ 45 ਵਿਅਕਤੀਆਂ ਨੂੰ 85000 ਰੁਪਏ ਜੁਰਮਾਨਾ ਕੀਤਾ ਗਿਆ ਹੈ। ਉਨਾਂ ਇਹ ਵੀ ਦੱਸਿਆ ਕਿ ਜਨਤਕ ਥਾਵਾਂ ‘ਤੇ ਥੁੱਕਣ ਵਾਲੇ 452 ਵਿਅਕਤੀਆਂ ਨੂੰ 115600 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਉਨਾਂ ਅੱਗੇ ਦੱਸਿਆ ਕਿ ਹੁਣ ਤੱਕ 50984 ਟਰੈਫਿਕ ਚਲਾਨ ਕਰਕੇ 2276 ਵਾਹਨਾਂ ਨੂੰ ਜ਼ਬਤ ਕੀਤਾ ਜਾ ਚੁੱਕਾ ਹੈ। ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੁਲਿਸ ਕਮਿਸ਼ਨਰੇਟ ਵਲੋਂ 71 ਚੋਪਹੀਆ ਵਾਹਨਾਂ ਨੂੰ ਓਵਰ ਲੋਡਿਡ ਹੋਣ ਕਰਕੇ 1.37 ਲੱਖ ਰੁਪਏ ਅਤੇ 34 ਆਟੋ ਰਿਕਸ਼ਾ ਨੂੰ ਓਵਰ ਲੋਡਿਡ ਹੋਣ ‘ਤੇ 17000 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ । ਉਨਾਂ ਇਹ ਵੀ ਦੱਸਿਆ ਕਿ ਹੁਣ ਤੱਕ 220 ਲੋਕਾਂ ਨੂੰ ਸਮਾਜਿਕ ਦੂਰੀ ਦੇ ਨਿਯਮ ਦੀ ਉਲੰਘਣਾ ਕਰਨ ‘ਤੇ 4.45 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਉਨਾਂ ਇਹ ਵੀ ਦੱਸਿਆ ਕਿ ਅੱਜ ਪੁਲਿਸ ਕਮਿਸ਼ਨਰੇਟ ਵਲੋਂ 168 ਟਰੈਫਿਕ ਚਲਾਨ ਕੀਤੇ ਗਏ ਹਨ। ਉਨਾਂ ਦੱਸਿਆ ਕਿ ਅੱਜ 219 ਲੋਕਾਂ ਨੂੰ ਮਾਸਕ ਨਾ ਪਾਉਣ ‘ਤੇ 119500 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।