ਦਾ ਐਡੀਟਰ ਨਿਊਜ, ਚੰਡੀਗੜ੍ਹ ——- ਪੰਜਾਬ ਵਿੱਚ ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਜਿਸ ਦੇ ਲਈ ਕਾਂਗਰਸ ਦੇ ਨਵੇਂ ਸੂਬਾ ਇੰਚਾਰਜ ਦੇਵੇਂਦਰ ਯਾਦਵ 23 ਜਨਵਰੀ ਤੋਂ 25 ਜਨਵਰੀ ਤੱਕ ਸੂਬਾਈ ਆਗੂਆਂ ਨਾਲ 6 ਸੰਸਦੀ ਹਲਕਿਆਂ ਦਾ ਦੌਰਾ ਕਰਕੇ ਵਰਕਰਾਂ ਦੀ ਨਬਜ਼ ਟਟੋਲਣਗੇ। ਦੇਵੇਂਦਰ ਯਾਦਵ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕੈਪਟਨ ਅਮਰਿੰਦਰ ਸਿੰਘ ਦੇ ਗੜ੍ਹ ਪਟਿਆਲਾ ਤੋਂ ਕਰਨਗੇ। ਇਸ ਤੋਂ ਬਾਅਦ ਉਹ ਸੰਗਰੂਰ ਅਤੇ ਫਤਿਹਗੜ੍ਹ ਸਾਹਿਬ ਜਾਣਗੇ।
ਕਾਂਗਰਸੀ ਆਗੂ ਨਵੇਂ ਸੂਬਾ ਇੰਚਾਰਜ ਦੇਵੇਂਦਰ ਯਾਦਵ ਦੀ ਅਗਵਾਈ ‘ਚ ਤਿੰਨ ਦਿਨਾਂ ਵਿੱਚ ਛੇ ਲੋਕ ਸਭਾ ਹਲਕਿਆਂ ਨੂੰ ਕਵਰ ਕਰਨਗੇ। ਪਹਿਲੀ ਮੀਟਿੰਗ 23 ਜਨਵਰੀ ਨੂੰ ਸਵੇਰੇ 10 ਵਜੇ ਪਟਿਆਲਾ ਵਿਖੇ ਹੋਵੇਗੀ। ਪਾਰਟੀ ਆਗੂ ਦੁਪਹਿਰ 2 ਵਜੇ ਸੰਗਰੂਰ ਵਿੱਚ ਵਰਕਰਾਂ ਨਾਲ ਮੁਲਾਕਾਤ ਕਰਨਗੇ।


24 ਜਨਵਰੀ ਨੂੰ ਸਵੇਰੇ ਜਲੰਧਰ ਅਤੇ ਬਾਅਦ ਦੁਪਹਿਰ 2 ਵਜੇ ਹੁਸ਼ਿਆਰਪੁਰ ਲੋਕ ਸਭਾ ਹਲਕੇ ਵਿੱਚ ਵਰਕਰਾਂ ਨਾਲ ਮੀਟਿੰਗ ਹੋਵੇਗੀ। ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀ ਮੀਟਿੰਗ 25 ਜਨਵਰੀ ਨੂੰ ਸਵੇਰੇ 10 ਵਜੇ ਰੋਪੜ ਵਿਖੇ ਹੋਵੇਗੀ। ਇਸੇ ਦਿਨ ਬਾਅਦ ਦੁਪਹਿਰ 2 ਵਜੇ ਫ਼ਤਹਿਗੜ੍ਹ ਸਾਹਿਬ ਲੋਕ ਸਭਾ ਹਲਕੇ ਦੀ ਮੀਟਿੰਗ ਰੱਖੀ ਗਈ ਹੈ।
ਕਾਂਗਰਸ ‘ਚ ਇਸ ਪੂਰੇ ਪ੍ਰੋਗਰਾਮ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਇਹ ਪਹਿਲੀ ਵਾਰ ਹੈ ਜਦੋਂ ਪਾਰਟੀ ਦੇ ਸੂਬਾ ਇੰਚਾਰਜ ਦੇਵੇਂਦਰ ਯਾਦਵ ਸਿੱਧੇ ਲੋਕ ਸਭਾ ਹਲਕਿਆਂ ‘ਚ ਜਾ ਕੇ ਵਰਕਰਾਂ ਨਾਲ ਗੱਲਬਾਤ ਕਰਨਗੇ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਰਹਿਣਗੇ।