ਜਲੰਧਰ ਪੁਲਿਸ ਵੱਲੋਂ ਮਾਸਕ ਨਾ ਪਾਉਣ ਵਾਲਿਆਂ ਨੂੰ ਰਗੜਾ, ਕੀਤਾ 1.46 ਕਰੋੜ ਦਾ ਜੁਰਮਾਨਾ
ਜਲੰਧਰ-ਪੰਜਾਬ ਸਰਕਾਰ ਵਲੋਂ ਮਾਸਕ ਪਾਉਣ ਦੀਆਂ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਪੁਲਿਸ ਕਮਿਸ਼ਨਰੇਟ ਜਲੰਧਰ ਵਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਤਹਿਤ ਹੁਣ ਤੱਕ ਮਾਸਕ ਨਾ ਪਾਉਣ ਵਾਲੇ 30696 ਲੋਕਾਂ ਨੂੰ 1.46 ਕਰੋੜ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਵਲੋਂ ਮਾਸਕ ਨਾ ਪਾ ਕੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਹੁਣ ਤੱਕ 30696 ਲੋਕਾਂ ਨੂੰ 1,46,93,000 ਰੁਪਏ ਜੁਰਮਾਨਾ ਕੀਤਾ ਗਿਆ ਹੈ। ਭੁੱਲਰ ਨੇ ਅੱਗੇ ਦੱਸਿਅਆ ਕਿ ਇਸ ਤੋਂ ਇਲਾਵਾ ਹੋਮ ਕੁਆਰੰਟੀਨ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ 45 ਵਿਅਕਤੀਆਂ ਨੂੰ 85000 ਰੁਪਏ ਜੁਰਮਾਨਾ ਕੀਤਾ ਗਿਆ ਹੈ। ਉਨਾਂ ਇਹ ਵੀ ਦੱਸਿਆ ਕਿ ਜਨਤਕ ਥਾਵਾਂ ‘ਤੇ ਥੁੱਕਣ ਵਾਲੇ 453 ਵਿਅਕਤੀਆਂ ਨੂੰ 116100 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਉਨਾਂ ਅੱਗੇ ਦੱਸਿਆ ਕਿ ਹੁਣ ਤੱਕ 53066 ਟਰੈਫਿਕ ਚਲਾਨ ਕਰਕੇ 2306 ਵਾਹਨਾਂ ਨੂੰ ਜ਼ਬਤ ਕੀਤਾ ਜਾ ਚੁੱਕਾ ਹੈ। ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੁਲਿਸ ਕਮਿਸ਼ਨਰੇਟ ਵਲੋਂ 72 ਚੋਪਹੀਆ ਵਾਹਨਾਂ ਨੂੰ ਓਵਰ ਲੋਡਿਡ ਹੋਣ ਕਰਕੇ 1.39 ਲੱਖ ਰੁਪਏ ਅਤੇ 34 ਆਟੋ ਰਿਕਸ਼ਾ ਨੂੰ ਓਵਰ ਲੋਡਿਡ ਹੋਣ ‘ਤੇ 17000 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ । ਉਨਾਂ ਇਹ ਵੀ ਦੱਸਿਆ ਕਿ ਹੁਣ ਤੱਕ 223 ਲੋਕਾਂ ਨੂੰ ਸਮਾਜਿਕ ਦੂਰੀ ਦੇ ਨਿਯਮ ਦੀ ਉਲੰਘਣਾ ਕਰਨ ‘ਤੇ 4.51 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।