ਦਾ ਐਡੀਟਰ ਨਿਊਜ਼, ਚੰਡੀਗੜ੍ਹ ——– ਪੰਜਾਬ ਸਰਕਾਰ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਵਿਧਾਨ ਸਭਾ ਦੀ ਕਾਰਵਾਈ ਦੇ ਪਹਿਲੇ ਦਿਨ ਰਾਜਪਾਲ ਦਾ ਸੰਬੋਧਨ ਸ਼ੁਰੂ ਹੁੰਦੇ ਹੀ ਹੰਗਾਮਾ ਹੋ ਗਿਆ। ਕਾਂਗਰਸੀ ਵਿਧਾਇਕਾਂ ਨੇ ਰਾਜਪਾਲ ਦੇ ਸੰਬੋਧਨ ਦੌਰਾਜ ਰੱਜ ਕੇ ਵਿਘਨ ਪਾਇਆ। ਇਸ ਦੌਰਾਨ ਉਨ੍ਹਾਂ ਨੇ ਕਿਸਾਨ ਅੰਦੋਲਨ ਅਤੇ ਇਸ ਵਿੱਚ ਸ਼ੁਭਕਰਨ ਦੀ ਮੌਤ ਦਾ ਮੁੱਦਾ ਚੁੱਕਿਆ। ਰਾਜਪਾਲ ਨੇ ਉਨ੍ਹਾਂ ਨੂੰ ਸ਼ਾਂਤੀ ਰੱਖਣ ਦੀ ਅਪੀਲ ਕੀਤੀ ਪਰ ਉਹ ਨਹੀਂ ਮੰਨੇ।
ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਸ਼ੁੱਕਰਵਾਰ ਨੂੰ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਇਆ। ਕਾਂਗਰਸੀਆਂ ਦੇ ਹੰਗਾਮੇ ਤੋਂ ਬਾਅਦ ਰਾਜਪਾਲ ਬੀਐਲ ਪੁਰੋਹਿਤ ਨੇ ਕਿਹਾ ਕਿ ਇਸ ਸਥਿਤੀ ਵਿੱਚ ਉਹ ਆਪਣਾ ਭਾਸ਼ਣ ਪੂਰਾ ਨਹੀਂ ਕਰ ਸਕਦੇ। ਉਨ੍ਹਾਂ ਨੇ ਨੇ ਸਪੀਕਰ ਨੂੰ ਆਪਣਾ ਭਾਸ਼ਣ ਰਿਕਾਰਡ ਕਰਨ ਲਈ ਕਿਹਾ। ਜਿਸ ਵਿੱਚ ਉਨ੍ਹਾਂ ਨੇ ਸਭਾ ਵਿੱਚ ਸਾਰਿਆਂ ਦਾ ਸਵਾਗਤ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਭਾਸ਼ਣ ਦੀ ਆਖਰੀ ਲਾਈਨ ਬੋਲੀ ਅਤੇ ਸਾਰਿਆਂ ਦਾ ਧੰਨਵਾਦ ਕਰਦੇ ਹੋਏ ਆਪਣੇ ਭਾਸ਼ਣ ਦੀ ਸਮਾਪਤੀ ਕੀਤੀ ਅਤੇ ਆਖਰੀ ਸਤਰਾਂ ਪੜ੍ਹ ਕੇ ਹੀ ਵਾਪਿਸ ਚਲੇ ਗਏ।

ਪੰਜਾਬ ਵਿਧਾਨ ਸਭਾ ‘ਚ ਬਜਟ ਸੈਸ਼ਨ ਸ਼ੁਰੂ ਹੁੰਦੇ ਹੀ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਸਾਨਾਂ ਦਾ ਮੁੱਦਾ ਸਦਨ ’ਚ ਉਠਾਉਣਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਦੇ ਮਗਰ ਹੋਰ ਕਾਂਗਰਸੀ ਨੇਤਾਵਾਂ ਨੇ ਵੀ ਸਦਨ ‘ਚ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ।
ਉਨ੍ਹਾਂ ਨੇ ਕਿਸਾਨ ਅੰਦੋਲਨ, ਉਨ੍ਹਾਂ ਦੀਆਂ ਮੰਗਾਂ, ਹਸਪਤਾਲ ਵਿੱਚ ਜ਼ੇਰੇ ਇਲਾਜ ਕਿਸਾਨਾਂ ਦੇ ਮੁੱਦੇ ਉਠਾਏ ਹਨ। ਇਸ ਦੇ ਨਾਲ ਹੀ ਸ਼ੁਭਕਰਨ ਦੀ ਮੌਤ ‘ਤੇ ਪੰਜਾਬ ਸਰਕਾਰ ਵੱਲੋਂ ਦਾਇਰ ਜ਼ੀਰੋ ਐਫਆਈਆਰ ‘ਤੇ ਵੀ ਸਵਾਲ ਖੜ੍ਹੇ ਹੋ ਗਏ ਹਨ।