ਦਾ ਐਡੀਟਰ ਨਿਊਜ਼, ਚੰਡੀਗੜ੍ਹ —– ਸ਼੍ਰੋਮਣੀ ਅਕਾਲੀ ਦਲ ਨੇ ਅੱਜ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਕਤਲ ਅਤੇ ਕਿਸਾਨ ਸੰਘਰਸ਼ ਵਿਚ ਸ਼ਾਮਲ ਕਿਸਾਨਾਂ ’ਤੇ ਗੋਲੀਆਂ ਚਲਾਉਣ ਲਈ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ, ਸੂਬੇ ਦੇ ਡੀ ਜੀ ਪੀ ਤੇ ਹੋਰ ਜ਼ਿੰਮੇਵਾਰ ਸਾਰੇ ਪੁਲਿਸ ਅਫਸਰਾਂ ਖਿਲਾਫ ਫੌਜਦਾਰੀ ਕੇਸ ਦਰਜ ਕਰਨ ਦੀ ਮੰਗ ਕੀਤੀ।
ਇਹ ਮੰਗ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਕਿਸਾਨਾਂ ਤੇ ਉਹਨਾਂ ਦੀਆਂ ਮੰਗਾਂ ਦਾ ਸਮਰਥਨ ਕਰਨਾ ਚਾਹੀਦਾ ਹੈ ਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਹਨਾਂ ਨੂੰ ਹੰਝੂ ਗੈਸ ਤੇ ਗੋਲਿਆਂ ਤੇ ਗੋਲੀਆਂ ਦਾ ਨਿਸ਼ਾਨਾ ਬਣਾਉਣ ਦੀ ਥਾਂ ਉਹਨਾਂ ਦੀ ਆਵਾਜ਼ ਸੁਣੀ ਜਾਵੇ।

ਕਿਸਾਨਾਂ ਦੀਆਂ ਮੰਗਾਂ ਨੂੰ ਵਾਜਬ ਕਰਾਰ ਦਿੰਦਿਆਂ ਸਰਦਾਰ ਇਯਾਲੀ ਨੇ ਕਿਹਾ ਕਿ ਖੇਤੀਬਾੜੀ ਵਿਚ ਵੱਧ ਲਾਗਤ ਤੇ ਘੱਟ ਘੱਟੋ ਘੱਟ ਸਮਰਥਨ ਮੁੱਲ (ਐਮ ਐਸ ਪੀ) ਹੋਣ ਦੇ ਮੱਦੇਨਜ਼ਰ ਕਿਸਾਨਾਂ ਨੂੰ ਪੂਰਨ ਕਰਜ਼ਾ ਮੁਆਫੀ ਮਿਲਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਸਵਾਮੀਨਾਥ ਕਮਿਸ਼ਨ ਦੇ ਫਾਰਮੂਲੇ ਮੁਤਾਬਕ ਕਿਸਾਨਾਂ ਦੀ ਲਾਗਤ ’ਤੇ 50 ਫੀਸਦੀ ਮੁਨਾਫਾ ਜੋੜ ਕੇ ਐਮ ਐਸ ਪੀ ਤੈਅ ਹੋਣੀ ਚਾਹੀਦੀ ਹੈ। ਉਹਨਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਦੋ ਸਾਲ ਪਹਿਲਾਂ ਕਿਸਾਨ ਅੰਦੋਲਨ ਖਤਮ ਹੋਣ ਵੇਲੇ ਕਿਸਾਨਾਂ ਨੂੰ ਦੁਆਏ ਭਰੋਸੇ ਅਨੁਸਾਰ ਐਮ ਐਸ ਪੀ ਨੂੰ ਕਾਨੂੰਨੀ ਗਰੰਟੀ ਦਾ ਰੂਪ ਦੇਣਾ ਚਾਹੀਦਾ ਹੈ।
ਅਕਾਲੀ ਆਗੂ ਨੇ ਮੁੱਖ ਮੰਤਰੀ ਨੂੰ ਇਹ ਵੀ ਅਪੀਲ ਕੀਤੀ ਕਿ ਬਠਿੰਡਾ ਜ਼ਿਲ੍ਹੇ ਦੇ ਅਨੇਕਾਂ ਪਿੰਡਾਂ ਵਿਚ ਹੋਈ ਭਾਰੀ ਗੜ੍ਹੇਮਾਰੀ ਨਾਲ ਕਣਕ ਤੇ ਆਲੂ ਦੀਆਂ ਹੋਈਆਂ ਫਸਲਾਂ ਦੇ ਨੁਕਸਾਨ ਦੇ ਜਾਇਜ਼ੇ ਲਈ ਤੁਰੰਤ ਗਿਰਦਾਵਰੀ ਦੇ ਹੁਕਮ ਦੇਣ। ਉਹਨਾਂ ਕਿਹਾ ਕਿ ਪਿੰਡ ਚੱਕ ਅਤਰ ਸਿੰਘ ਵਾਲਾ, ਨੰਦਗੜ੍ਹ, ਸਰਦਾਰਗੜ੍ਹ, ਕਰਮਗੜ੍ਹ ਸ਼ਤਰਾ, ਬਾਜਕ, ਵਿਰਕ ਖੁਰਦ, ਬੁਰਜ ਮਹਿਮਾ, ਮਹਿਮਾ ਭਗਵਾਨਾ, ਮਹਿਮਾ ਸਰਕਾਰੀ ਤੇ ਮਹਿਮਾ ਸਵਾਈ ਵਿਚ ਫਸਲਾਂ ਦਾ ਵੱਡਾ ਨੁਕਸਾਨ ਹੋਇਆ ਹੈ। ਉਹਨਾਂ ਕਿਹਾ ਕਿ ਪ੍ਰਭਾਵਤ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਮਿਲਣਾ ਚਾਹੀਦਾ ਹੈ।