ਗੁੰਮ ਹੋਏ ਪਾਵਨ ਸਰੂਪਾਂ ਦੀ ਜਾਂਚ ਸੀ. ਬੀ. ਆਈ. ਤੋਂ ਕਰਵਾਈ ਜਾਵੇ- ਬ੍ਰਹਮਪੁਰਾ
ਚੰਡੀਗੜ-ਸ਼੍ਰੋਮਣੀ ਅਕਾਲੀ ਦਲ ( ਟਕਸਾਲੀ ) ਦੇ ਪ੍ਰਧਾਨ ਸ. ਰਣਜੀਤ ਸਿੰਘ ਬ੍ਰਹਮਪੁਰਾ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ ਪਾਵਨ ਸਰੂਪਾਂ ਦੀ ਜਾਂਚ ਸੀ. ਬੀ. ਆਈ. ਤੋ ਕਰਵਾਉਣ ਦੀ ਮੰਗ ਕੀਤੀ ਹੈ । ਉਨਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ,ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਗੋਵਾਲ ਤੇ ਸਬੰਧਿਤ ਅਧਿਕਾਰੀਆਂ ਤੋ ਅਸਤੀਫੇ ਦੀ ਮੰਗ ਕਰਦਿਆਂ ਕਿਹਾ ਕਿ ਇਨਾਂ ਖਿਲਾਫ ਪਰਚੇ ਦਰਜ ਕਰਕੇ ਸਖਤ ਤੋਂ ਸਖਤ ਕਾਰਵਾਈ ਹੋਵੇ । ਸ. ਬ੍ਰਹਮਪੁਰਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਚੜਦੀਕਲਾ ਲਈ ਅਤੇ ਧਰਮ ਦੀ ਸੇਵਾ ਕਰਨ ਲਈ ਬਣੀ ਸੀ । ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਮੁੱਖ ਬੁਲਾਰੇ ਅਤੇ ਜਨਰਲ ਸਕੱਤਰ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਹੈ ਕਿ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਮਹਿਸੂਸ ਕਰਦੇ ਹਨ ਕਿ ਸਿੱਖਾਂ ਨੇ ਅੰਗਰੇਜ਼ਾਂ ਖਿਲਾਫ ਮੋਰਚੇ ਲਾ ਕੇ ਸ਼੍ਰੋਮਣੀ ਕਮੇਟੀ ਬਣਾਈ ਸੀ ਪਰ ਹੁਣ ਵਾੜ ਹੀ ਖੇਤ ਨੂੰ ਖਾਣ ਲੱਗ ਗਈ ਹੈ । ਸ਼੍ਰੋਮਣੀ ਕਮੇਟੀ ਪ੍ਰਬੰਧਕਾਂ ਨੇ ਸੁਧਾਰ ਤਾਂ ਕੀ ਕਰਨਾ ਇਹ ਆਪਣੇ ਦੀ ਘਰ ਭਰਨ ਲੱਗੇ ਹਨ। ਸ. ਬ੍ਰਹਮਪੁਰਾ ਨੇ ਦੋਸ਼ ਲਾਇਆ ਕਿ ਇਨਾਂ ਸਭ ਕਾਰਿਆਂ ਦਾ ਮੁੱਖ ਦੋਸ਼ੀ ਸੁਖਬੀਰ ਸਿੰਘ ਬਾਦਲ ਹੈ , ਜਿਸ ਤੋਂ ਬਿਨਾ ਤਾਂ ਸ਼੍ਰੋਮਣੀ ਅਕਾਲੀ ਦਲ ਹੋਵੇ ਜਾਂ ਸ਼੍ਰੋਮਣੀ ਕਮੇਟੀ ‘ਚ ਪੱਤਾ ਨਹੀਂ ਹਿੱਲਦਾ। ਉਨਾਂ ਸੁਖਬੀਰ ਸਿੰਘ ਬਾਦਲ ਨੂੰ ਚੇਤਾਵਨੀ ਭਰੇ ਲਹਿਜ਼ੇ ‘ਚ ਕਿਹਾ ਕਿ ਉਹ ਸਿੱਖਾਂ ਦੇ ਸਬਰ ਦਾ ਇਮਤਿਹਾਨ ਨਾ ਲਵੇ। ਉਨਾਂ ਦੋਸ਼ ਲਾਇਆ ਕਿ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਸੁਖਬੀਰ ਸਿੰਘ ਬਾਦਲ ਨੂੰ ਬਚਾਉਣ ਲਈ ਸਿੱਖਾਂ ਦੀ ਮਿੰਨੀ ਸੰਸਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦੁਨੀਆ ਭਰ ਵਿੱਚ ਬਦਨਾਮ ਕਰ ਦਿੱਤਾ ਹੈ। ਉਨਾਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਬਾਰੇ ਬੋਲਦਿਆਂ ਕਿਹਾ ਕਿ ਕੈਪਟਨ ਨੇ ਚੋਣਾਂ ਦੌਰਾਨ ਗੁਟਕਾ ਸਾਹਿਬ ਦੀ ਸਹੁੰ ਖਾਧੀ ਸੀ ਕਿ ਮੈ 4 ਹਫਤਿਆਂ ‘ਚ ਨਸ਼ਾ ਖਤਮ ਕਰ ਦਊ ਪਰ ਨਸ਼ੇ ਖਤਮ ਤਾਂ ਕੀ ਹੋਣੇ ਨੇ 10 ਗੁਣਾ ਨਸ਼ਾ ਜ਼ਰੂਰ ਵੱਧ ਗਿਆ ਹੈ।ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਕੋਰ ਕਮੇਟੀ ਦੇ ਮੈਂਬਰਾਂ ਜਥੇਦਾਰ ਉਜਾਗਰ ਸਿੰਘ ਬਡਾਲੀ , ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ, ਜਥੇਦਾਰ ਮੱਖਣ ਸਿੰਘ ਨੰਗਲ , ਜਥੇਦਾਰ ਗੁਰਪ੍ਰਤਾਪ ਸਿੰਘ ਰਿਆੜ , ਹਰਸੁਖਇੰਦਰ ਸਿੰਘ ਬੱਬੀ ਬਾਦਲ ਅਤੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਐਕਟਿੰਗ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਜੋਰਦਾਰ ਸ਼ਲਾਘਾ ਕਰਦਿਆ ਕਿਹਾ ਹੈ ਕਿ ਜਥੇਦਾਰ ਸਾਹਿਬ ਨੇ ਚਾਰ ਸਿੰਘ ਸਾਹਿਬਾਨ ਨਾਲ ਮਿਲ ਕੇ ਬਹੁਤ ਵੱਡਾ ਸਕੈਡਲ ਬਾਹਰ ਲਿਆਂਦਾ ਹੈ ਹੁਣ ਸਿੰਘ ਸਾਹਿਬਾਨ ਨੂੰ ਚਾਹੀਦਾ ਹੈ ਕਿ ਉਹ ਅਸਲ ਦੋਸ਼ੀਆਂ ਦੇ ਗਲੇ ਨੂੰ ਹੱਥ ਪਾਉਣ ਜਿਨਾਂ ਦੇ ਇਸ਼ਾਰੇ ‘ਤੇ ਸੀ. ਏ. ਐਸ. ਐਸ. ਕੋਹਲੀ ਵਰਗੇ ਗੁਰੂ ਦੀ ਗੋਲਕ ਵਿੱਚੋ ਕਰੋੜਾਂ ਰੁਪਏ ਡਕਾਰ ਗਏ ।