ਦਾ ਐਡੀਟਰ ਨਿਊਜ਼, ਚੰਡੀਗੜ੍ਹ —— ਹਰਿਆਣਾ ਦੀ ਖੱਟੜ ਸਰਕਾਰ ਨੇ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇ ਨਾਂਅ ਉੱਤੇ ਜੇਲ੍ਹ ਤੋਂ ਬਾਹਰ ਦੀ ਖੂਬ ਸੈਰ ਕਰਾਈ ਹੈ। ਗੁਰਮੀਤ ਰਾਮ ਰਹੀਮ ਬਾਰੇ ਇੱਕ ਨਵਾਂ ਖੁਲਾਸਾ ਹੋਇਆ ਹੈ ਕਿ ਉਹ ਦੋ ਸਾਲਾਂ ਵਿੱਚ ਸੱਤ ਮਹੀਨੇ ਜੇਲ੍ਹ ਤੋਂ ਬਾਹਰ ਰਿਹਾ ਹੈ, ਹਾਲਾਂਕਿ ਇਸ ਨੂੰ ਬੰਦੀ ਸਿੰਘਾਂ ਦੀ ਰਿਹਾਈ ਨਾਲ ਵੀ ਜੋੜ ਕੇ ਦੇਖਿਆ ਜਾ ਰਿਹਾ ਹੈ ਕਿ ਕਿਵੇਂ ਇਸ ਵਕਤ ਦੋ ਕਾਨੂੰਨ ਕੰਮ ਕਰ ਰਹੇ ਹਨ। ਇਸ ਮਾਮਲੇ ਨੂੰ ਲੈ ਕੇ ਹੁਣ ਇੱਕ ਵੱਡੀ ਅਪਡੇਟ ਸਾਹਮਣੇ ਆਈ ਹੈ ਕਿ ਰਾਮ ਰਹੀਮ ਪਿਛਲੇ 2 ਸਾਲਾਂ ‘ਚ 184 ਦਿਨ ਜਾਣੀ ਕਿ ਛੇ ਮਹੀਨੇ ਪੈਰੋਲ ‘ਤੇ ਜੇਲ੍ਹ ‘ਚੋਂ ਬਾਹਰ ਰਹਿ ਚੁੱਕਾ ਹੈ। ਇਸ ਦੇ ਨਾਲ ਹੀ ਜੇ ਹੁਣ ਦੀ 50 ਦਿਨਾਂ ਦੀ ਮਿਲੀ ਹੋਈ ਪੈਰੋਲ ਨੂੰ ਵੀ ਇਸ ‘ਚ ਜੋੜ ਲਿਆ ਜਾਵੇ ਤਾਂ ਇਹ ਇਹ ਸਿੱਧੇ ਤੌਰ ‘ਤੇ 234 ਦਿਨ ਹੋ ਜਾਂਦੇ ਹਨ, ਜੋ ਕਿ ਸੱਤ ਮਹੀਨੇ ਤੋਂ ਵੀ ਜ਼ਿਆਦਾ ਹੋ ਜਾਂਦੇ ਹਨ। ਇਹ ਹੀ ਨਹੀਂ ਇਨ੍ਹੀ ਛੇਤੀ-ਛੇਤੀ ਪੈਰੋਲ ਦੇਣ ਦਾ ਇਹ ਦੇਸ਼ ਦਾ ਅਜਿਹਾ ਪਹਿਲਾ ਮਾਮਲਾ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀ ਇਸ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਵੀ ਹੋਈ ਸੀ। ਹਾਈਕੋਰਟ ਨੇ ਸ਼੍ਰੋਮਣੀ ਕਮੇਟੀ ਵੱਲੋਂ ਦਾਇਰ ਪਟੀਸ਼ਨ ਤੇ ਸੁਣਵਾਈ ਕਰਦੇ ਹੋਏ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ ਵਾਰ ਪੈਰੋਲ ਦੇਣ ਦੇ ਮਾਮਲੇ ‘ਤੇ ਹਰਿਆਣਾ ਸਰਕਾਰ ਨੂੰ ਝਾੜ ਵੀ ਪਾਈ ਸੀ। ਅਦਾਲਤ ਨੇ ਹਰਿਆਣਾ ਸਰਕਾਰ ਨੂੰ ਕਿਹਾ ਕਿ ਜਿਸ ਕੇਸ ਵਿਚ ਡੇਰਾ ਮੁਖੀ ਨੂੰ ਦੋਸ਼ੀ ਠਹਿਰਾਇਆ ਗਿਆ ਹੈ ਅਤੇ ਜਿਸ ਤਰ੍ਹਾਂ ਦੇ ਲਾਭ ਰਾਮ ਰਹੀਮ ਨੂੰ ਦਿੱਤੇ ਜਾ ਰਹੇ ਹਨ, ਇਸੇ ਤਰ੍ਹਾਂ ਦੇ ਮਾਮਲਿਆਂ ‘ਚ ਓਹੀ ਲਾਭ ਹੋਰ ਕਿੰਨੇ ਕੈਦੀਆਂ ਨੂੰ ਦਿੱਤੇ ਗਏ ਹਨ ਜਾਂ ਦਿੱਤੇ ਜਾ ਰਹੇ ਹਨ।

ਨਾਲ ਹੀ ਹਾਈਕੋਰਟ ਨੇ ਬਲਾਤਕਾਰ ਅਤੇ ਕਤਲ ਮਾਮਲੇ ‘ਚ ਸਜ਼ਾ ਭੁਗਤ ਰਹੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੇ ਜਾਣ ‘ਤੇ ਸਖ਼ਤ ਰੁਖ਼ ਅਪਣਾਉਂਦਿਆਂ ਕਿਹਾ ਸੀ ਕਿ ਭਵਿੱਖ ਵਿੱਚ ਡੇਰਾ ਮੁਖੀ ਨੂੰ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਪੈਰੋਲ ਨਹੀਂ ਦਿੱਤੀ ਜਾਣੀ ਚਾਹੀਦੀ।